Pages

मजदूर दिवस

** ਮਜਦੂਰ ਦਿਵਸ **

ਮਿਹਨਤ-ਕਸ਼ ਕਾਮਿਆ ਦੇਸ਼ ਦਿਆ ,

ਤੇਰਾ ਦਿਵਸ ਮੈਂ ਕਿੰਝ ਮਨਾਵਾਂ ?


ਦਿਹਾੜੀ ਦੱਪਾ ਕਰਨ ਵਾਲਿਆ ,

ਖੂਹ ਪੁੱਟ ਪਾਣੀ ਭਰਨ ਵਾਲਿਆ ,

ਬਦ ਤੋਂ ਬਦਤਰ ਹਾਲਤ ਹੋ ਗਈ ,

ਸੁਬ੍ਹਾ ਜਿਓਣ ਸ਼ਾਮੀ ਮਰਨ ਵਾਲਿਆ ,

ਰਾਸ਼ਨ ਲਈ ਵੀ ਪੈਸੇ ਥੁੜ੍ਹ ਗਏ ,

ਸੋਚੇੰ ਕਿੰਝ ਮੈਂ ਡੰਗ ਟਪਾਵਾਂ ..?

ਮਿਹਨਤ-ਕਸ਼ ਕਾਮਿਆ ਦੇਸ਼ ਦਿਆ ,

ਤੇਰਾ ਦਿਵਸ ਮੈਂ ਕਿੰਝ ਮਨਾਵਾਂ ?


ਮਿੱਟੀ ਨਾਲ ਮਿੱਟੀ ਹੋ ਜਾਵੇਂ ,

ਪਾਣੀ ਥਾਂ ਪਸੀਨਾ ਲਾਵੇਂ ,

ਬੀਜ ਖਾਦ ਲਈ ਚੁੱਕੇਂ ਕਰਜੇ ,

ਨੈਣਾਂ ਦੀ ਤੂੰ ਨੀਂਦ ਗੁਆਵੇਂ ,

ਫਸਲਾਂ ਦਾ ਮੰਡੀ ਵਿਚ ਸੱਜਣਾ ,

ਮੁੱਲ ਮਸਾਂ ਹੀ ਮਿਲਦਾ ਸਾਵਾਂ...

ਮਿਹਨਤ-ਕਸ਼ ਕਾਮਿਆ ਦੇਸ਼ ਦਿਆ ,

ਤੇਰਾ ਦਿਵਸ ਮੈਂ ਕਿੰਝ ਮਨਾਵਾਂ ?


ਹੱਡ ਭੰਨਵੀ ਮਿਹਨਤ ਕੀਤੀ ,

ਜਿੰਨੀ ਲੱਗਦੀ ਸੀ ਵਾਹ ਲਾਈ ,

ਕਰਜੇ ਦੀ ਕੀਮਤ ਤੂੰ ਕਿਸਾਨਾ ,

ਦੇ ਕੇ ਆਪਣੀ ਜਾਨ ਚੁਕਾਈ ,

ਜਿੰਦ ਤੇਰੀ ਨੂੰ ਫਾਹ ਲਿਆ ਹੰਸਾ ,

ਸਰਮਾਏਦਾਰ ਗਿਰਝਾਂ ਤੇ ਕਾਵਾਂ ..

ਮਿਹਨਤ-ਕਸ਼ ਕਾਮਿਆ ਦੇਸ਼ ਦਿਆ ,

ਤੇਰਾ ਦਿਵਸ ਮੈਂ ਕਿੰਝ ਮਨਾਵਾਂ ?


ਆਪਣੀ ਜਿੰਦ ਦਾ ਤੇਲ ਬਾਲ ਕੇ ,

ਚਿਮਨੀ 'ਚੋਂ ਧੂੰਆਂ ਕੱਢਣ ਵਾਲਿਆ ,

ਸ਼ਿਫਟਾਂ ਦੇ ਵਿਚ ਟੱਬਰ ਪਾਲ ਕੇ ,

ਭਵਿੱਖ ਸੁਨਹਿਰਾ ਲੱਭਣ ਵਾਲਿਆ,

ਹੱਕ ਨਾ ਤੇਰਾ ਮਿਲਦਾ ਵੇਖ ਮੈਂ ,

ਸ਼ਰਮ ਨਾਲ ਪਾਣੀ ਹੋ ਜਾਵਾਂ ...

ਮਿਹਨਤ-ਕਸ਼ ਕਾਮਿਆ ਦੇਸ਼ ਦਿਆ ,

ਤੇਰਾ ਦਿਵਸ ਮੈਂ ਕਿੰਝ ਮਨਾਵਾਂ ?


ਕਿਰਸਾਨਾ ਦੀ ਜਾਨ ਦੀ ਦੁਸ਼ਮਣ,

ਆੜ੍ਹਤੀਆਂ ਦੀ ਠੱਗੀ- ਠੋਰੀ,

ਮਜਦੂਰਾਂ ਦੀ ਰੱਤ ਚੂਸ ਰਹੀ ਐ ,

ਸ਼ਾਹੂਕਾਰਾਂ ਦੀ ਸੀਨਾਜ਼ੋਰੀ,

ਡਾਢਿਆਂ ਦੇ ਇਸ ਰਾਜ 'ਚ ਲੋਕੋ ,

ਕਿੱਥੇ ਹਾਅ ਦਾ ਨਾਅਰਾ ਲਾਵਾਂ ..

ਮਿਹਨਤ-ਕਸ਼ ਕਾਮਿਆ ਦੇਸ਼ ਦਿਆ ,

ਤੇਰਾ ਦਿਵਸ ਮੈਂ ਕਿੰਝ ਮਨਾਵਾਂ ?


ਲਾਮਬੰਦ ਹੋ ਜਾਓ ਕਿਰਤੀਓ,

ਹੱਕ ਸੱਚ ਲਈ ਨਾਅਰਾ ਲਾਓ ,

ਸਰਮਾਏਦਾਰਾਂ ਦੇ ਭ੍ਰਿਸ਼ਟ ਸਮਾਜ ਨੂੰ,

ਆਪਣੇ ਏਕੇ ਨਾਲ ਹਿਲਾਓ ,

ਮਜਦੂਰ ਏਕਤਾ ਜੁਗ -ਜੁਗ ਜੀਵੇ ,

ਮੰਗਾਂ ਰੱਬ ਤੋਂ ਮੈਂ ਦੁਆਵਾਂ ...

ਮਿਹਨਤ-ਕਸ਼ ਕਾਮਿਆ ਦੇਸ਼ ਦਿਆ ,

ਤੇਰਾ ਦਿਵਸ ਮੈਂ ਕਿੰਝ ਮਨਾਵਾਂ ?


ਜੈ- ਮਜਦੂਰ ਜੈ -ਭਾਰਤ


---- ਰਾਕੇਸ਼ ਵਰਮਾ

(94173-47342)

2 comments:

निर्मला कपिला said...

ਲਾਮਬੰਦ ਹੋ ਜਾਓ ਕਿਰਤੀਓ,

ਹੱਕ ਸੱਚ ਲਈ ਨਾਅਰਾ ਲਾਓ ,

ਸਰਮਾਏਦਾਰਾਂ ਦੇ ਭ੍ਰਿਸ਼ਟ ਸਮਾਜ ਨੂੰ,

ਆਪਣੇ ਏਕੇ ਨਾਲ ਹਿਲਾਓ ,

ਮਜਦੂਰ ਏਕਤਾ ਜੁਗ -ਜੁਗ ਜੀਵੇ ,

ਮੰਗਾਂ ਰੱਬ ਤੋਂ ਮੈਂ ਦੁਆਵਾਂ ...
बहुत अच्छा गीत प्रेरण देता हुया। बधाई।

baljitgoli said...

bahut khoob...